ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦਾ ਪੰਜਾਬ ਵਿਚ ਚੋਣ ਪ੍ਰਚਾਰ ਭਲਕੇ ਬੰਦ ਹੋਵੇਗਾ। ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਹਵਾ ਬਣਾਉਣ ਲਈ ਆਖ਼ਰੀ ਦਿਨਾਂ ਵਿਚ ਅੱਡੀ ਚੋਟੀ ਦਾ ਜ਼ੋਰ ਲਾ ਦਿੱਤਾ ਹੈ। 30 ਮਈ ਨੂੰ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ ਜਿਸ ਕਰਕੇ ਸਿਆਸੀ ਪਾਰਟੀਆਂ ਦੇ ਕੌਮੀ ਲੀਡਰ ਆਖ਼ਰੀ ਹੰਭਲਾ ਮਾਰਨਗੇ। 17 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਮਗਰੋਂ ਹੀ ਚੋਣ ਪ੍ਰਚਾਰ ਇਕਦਮ ਭਖ ਗਿਆ ਸੀ। ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਲੋਕ ਸਭਾ ਹਲਕੇ ਦੇ ਦਾਖਾ ਵਿਖੇ ਚੋਣ ਰੈਲੀ ਕੀਤੀ ਜਦੋਂ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਨੇ ਮੁਕਤਸਰ ਵਿਖੇ ਰੋਡ ਸ਼ੋਅ ਕੱਢਿਆ।
ਅੱਜ ਚੋਣ ਪ੍ਰਚਾਰ ਤੋਂ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਸੰਸਦੀ ਹਲਕਿਆਂ ਵਿਚ ਰੋਡ ਸ਼ੋਅ ਕੱਢੇ ਗਏ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਚੋਣ ਮੈਦਾਨ ਵਿਚ ਕੁੱਲ 328 ਉਮੀਦਵਾਰ ਹਨ ਜਿਨ੍ਹਾਂ ਵਿੱਚੋਂ 26 ਔਰਤਾਂ ਹਨ। ਇਨ੍ਹਾਂ ਵਿਚ 168 ਆਜ਼ਾਦ ਉਮੀਦਵਾਰ ਹਨ। ਲੁਧਿਆਣਾ ਹਲਕੇ ਵਿਚ ਸਭ ਤੋਂ ਵੱਧ 43 ਉਮੀਦਵਾਰ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਵਿਚ ਸਭ ਤੋਂ ਘੱਟ 14 ਉਮੀਦਵਾਰ ਚੋਣ ਲੜ ਰਹੇ ਹਨ। ਭਾਜਪਾ ਕਾਫ਼ੀ ਅਰਸੇ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ। ਇਹ ਵੀ ਪਹਿਲੀ ਵਾਰ ਹੈ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨ ਧਿਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਲੁਧਿਆਣਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਦੋਂ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਹੰਸ ਰਾਜ ਹੰਸ ਦੀ ਹਮਾਇਤ ਵਿਚ ਚੋਣ ਰੈਲੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਅੱਜ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਰੋਡ ਸ਼ੋਅ ਕੱਢਿਆ ਅਤੇ ਸੁਖਬੀਰ ਬਾਦਲ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਅੱਜ ਬਠਿੰਡਾ ਸੰਸਦੀ ਹਲਕੇ ਵਿਚ ਆਜ਼ਾਦ ਉਮੀਦਵਾਰ ਲੱਖਾ ਸਿਧਾਣਾ ਦੇ ਰੋਡ ਸ਼ੋਅ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਸ਼ਾਮਲ ਹੋਏ ਜਦੋਂਕਿ ਸੰਗਰੂਰ ਹਲਕੇ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਕਈ ਪਿੰਡਾਂ ਵਿਚ ਚੋਣ ਪ੍ਰੋਗਰਾਮ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੁਸ਼ਿਆਰਪੁਰ ਹਲਕੇ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਅਤੇ ਪਟਿਆਲਾ ਹਲਕੇ ਵਿਚ ਇਕੱਠੇ ਰੋਡ ਸ਼ੋਅ ਕਰਨਗੇ।
ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਅੰਮ੍ਰਿਤਸਰ ਵਿੱਚ ਚੋਣ ਰੈਲੀ ’ਚ ਸ਼ਮੂਲੀਅਤ ਕਰਨਗੇ। ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਮੁਹਾਲੀ ਅਤੇ ਲੁਧਿਆਣਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਜਦੋਂਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਗੁਰਦਾਸਪੁਰ ਵਿੱਚ ਚੋਣ ਰੈਲੀ ਵਿਚ ਸ਼ਾਮਲ ਹੋਣਗੇ। ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਚੋਣ ਲੜ ਰਹੇ ਹਨ ਜਿਸ ਕਰਕੇ ਇਸ ਹਲਕੇ ਦਾ ਚੋਣ ਮੁਕਾਬਲਾ ਦਿਲਚਸਪ ਬਣ ਗਿਆ ਹੈ। ਬਾਦਲ ਪਰਿਵਾਰ ਲਈ ਬਠਿੰਡਾ ਹਲਕਾ ਵੱਕਾਰੀ ਹੈ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਲਈ ਸੰਗਰੂਰ ਸੀਟ ਅਹਿਮ ਹੈ।