ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਮਾਮਲਾ

386

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਜਲਦ ਰਿਹਾਈ ਨੂੰ ਯਕੀਨੀ ਬਣਾਉਣ ਤਾਂ ਜੋ 2019 ਵਿਚ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ’ਤੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਰਕਾਰ ਦਾ ਸਿੱਖ ਕੌਮ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ। ਅਪਣੇ ਵੱਲੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਤੇ ਸਮਰਥ ਅਧਿਕਾਰੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਫੈਸਲਾ ਲੈ ਕੇ ਉਹਨਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ।

ਕੇਂਦਰ ਸਰਕਾਰ ਨੇ 2019 ਵਿਚ ਮਨੁੱਖਤਾ ਦੇ ਆਧਾਰ ’ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਮਨਜ਼ੂਰੀ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੁੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੂੰ ਕਿਹਾ ਹੈ।ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਖ਼ੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਸਿੱਖ ਕੈਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਤੇ ਫਿਰ ਉਹਨਾਂ ਦੀ ਰਿਹਾਈ ਦੀ ਬੇਨਤੀ ਕਰਦਾ ਪਾਸ ਕੀਤਾ ਮਤਾ ਪਹਿਲਾਂ ਹੀ ਸੌਂਪਿਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਸਿੱਖ ਗੁਰਧਾਮਾਂ ਦੀ ਸੰਭਾਲ ਕਰਦੀ ਹੈ ਤੇ ਜਿਸ ਦੇ ਮੈਂਬਰ ਸਿੱਖ ਸੰਗਤ ਵੱਲੋਂ ਸਿੱਧੇ ਤੌਰ ’ਤੇ ਚੁਣੇ ਜਾਂਦੇ ਹਨ, ਨੇ ਅਜਿਹੇ ਹੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪੇ ਹਨ। ਬਾਦਲ ਨੇ ਇਹ ਵੀ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੇ ਨਿਆਂਇਕ ਹੁਕਮਾਂ ਦਾ ਵਿਰੋਧ ਕਰਦੀ ਰਹੀ ਹੈ ਤੇ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਬਾਦਲ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਦੀ ਇੱਛਾ ਹੈ ਕਿ ਭਾਈ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ ਤੇ ਉਹ ਪ੍ਰਧਾਨ ਮੰਤਰੀ ਵੱਲ ਵੇਖ ਰਹੇ ਹਨ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਰਕਾਰ ਵੱਲੋਂ ਸਿੱਖ ਕੌਮ ਨਾਲ ਕੀਤਾ ਵਾਅਦਾ ਕਦੋਂ ਨਿਭਾਉਂਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰੰਤੂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿਚ ਸੁਪਰੀਮ ਕੋਰਟ ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ। ਸਰਕਾਰ ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ। ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ।