ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਲਈ 26 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਸ਼ਾਮਲ ਹਨ। ਇਹ ਜਾਣਕਾਰੀ ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਵਿਚ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੈਸ਼ਨ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਕ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਨਾਂਅ ਖੇਤੀ ਕਾਨੂੰਨ ਰੱਦ ਬਿੱਲ 2021 ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਬਿਲ- 2020, ਕਿਸਾਨ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਭਰੋਸਗੀ ਅਤੇ ਖੇਤੀ ਸੇਵਾਵਾਂ ਸਮਝੌਤਾ ਬਿਲ-2020 ਅਤੇ ਜ਼ਰੂਰੀ ਵਸਤਾਂ ਸੋਧ ਐਕਟ, 2020 ਪਾਸ ਕੀਤਾ ਸੀ।

ਲੋਕ ਸਭਾ ਸਕੱਤਰੇਤ ਅਨੁਸਾਰ ਕ੍ਰਿਪਟੋਕਰੰਸੀ ਅਤੇ ਅਧਿਕਾਰਤ ਡਿਜੀਟਲ ਕਰੰਸੀ ਰੈਗੂਲੇਸ਼ਨ ਬਿੱਲ 2021 ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਇਸ ਵਿਚ ਆਰਬੀਆਈ ਦੁਆਰਾ ਜਾਰੀ ਕੀਤੀ ਜਾਣ ਵਾਲੀ ਅਧਿਕਾਰਤ ਡਿਜੀਟਲ ਕਰੰਸੀ ਬਣਾਉਣ ਦੀ ਸਹੂਲਤ ਦੇਣ ਦੀ ਗੱਲ ਕਹੀ ਗਈ ਹੈ। ਬਿੱਲ ਭਾਰਤ ਵਿਚ ਸਾਰੀਆਂ ਕਿਸਮਾਂ ਦੀਆਂ ਨਿੱਜੀ ਕ੍ਰਿਪਟੋਕਰੰਸੀਆਂ ‘ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਇਸ ਵਿਚ ਕੁਝ ਢਿੱਲ ਦੇਣ ਦੀ ਗੱਲ ਵੀ ਕਹੀ ਗਈ ਹੈ ਤਾਂ ਜੋ ਕ੍ਰਿਪਟੋਕੁਰੰਸੀ ਨਾਲ ਸਬੰਧਤ ਤਕਨਾਲੋਜੀ ਅਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਵੇਗਾ ਅਤੇ 23 ਦਸੰਬਰ ਨੂੰ ਖਤਮ ਹੋਣ ਦੀ ਸੰਭਾਵਨਾ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਦੇ ਇਕ ਬਿਆਨ ਅਨੁਸਾਰ, “ਸਤਾਰਵੀਂ ਲੋਕ ਸਭਾ ਦਾ ਸੱਤਵਾਂ ਸੈਸ਼ਨ 29 ਨਵੰਬਰ, 2021 ਨੂੰ ਸ਼ੁਰੂ ਹੋਵੇਗਾ। ਸਰਕਾਰੀ ਕੰਮਕਾਜ ਦੀਆਂ ਜ਼ਰੂਰਤਾਂ ਦੇ ਅਧੀਨ ਸੈਸ਼ਨ 23 ਦਸੰਬਰ, 2021 ਨੂੰ ਸਮਾਪਤ ਹੋਣ ਦੀ ਸੰਭਾਵਨਾ ਹੈ।