ਰਾਜ ਸਭਾ ਲਈ ਪੰਜਾਬ ਤੋਂ ਨਾਮ ਉਜਾਗਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣ ਲੱਗੀਆਂ। ਇਸ ਦੌਰਾਨ ਲੋਕ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ ਵਾਇਰਲ ਕਰਨ ਲੱਗੇ। ਦੋ ਦਿਨ ਪਹਿਲਾਂ ਵੀ ਰਾਜਾ ਵੜਿੰਗ ਨੇ ਆਪ ਦੇ ਮੰਤਰੀ ਮੰਡਲ ਵਿਚ ਮੰਤਰੀਆਂ ਦੀ ਚੋਣ ਬਾਰੇ ਸਵਾਲ ਚੁੱਕੇ ਸਨ।

ਚੰਡੀਗੜ੍ਹ ; ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਸੀਟ ਲਈ ਪੰਜ ਨਮਾਇੰਦਿਆਂ ਵਿੱਚ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ ਅਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ। ਇੰਨਾਂ ਸਾਰਿਆਂ ਨੇ ਅੱਜ ਵਿਧਾਨ ਸਭਾ ਵਿੱਚ ਨੁਮਾਇੰਦਗੀ ਫਾਰਮ ਭਰਾ ਦਿੱਤੇ ਹਨ। ਨਾਮ ਉਜਾਗਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣ ਲੱਗੀਆਂ। ਇਸ ਦੌਰਾਨ ਲੋਕ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ ਵਾਇਰਲ ਕਰਨ ਲੱਗੇ।

ਅਸਲ ਵਿੱਚ ਰਾਜਾ ਵੜਿੰਗ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਹੀ ਅਤੇ ਪੰਜਾਬ ਦੇ ਹੀ ਉਮੀਦਵਾਰਾਂ ਨੂੰ ਭੇਜਣ ਦੀ ਸਲਾਹ ਦਿੱਤੀ ਹੈ


ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਰਾਜ ਸਭਾ ਚੋਣਾਂ ’ਚ ਪੰਜਾਬ ਦੇ ਹੀ ਨੁਮਾਇੰਦੇ ਭੇਜ ਕੇ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬੁਲੰਦ ਕਰਨ। ਰਾਜ ਸਭਾ ’ਚ ਭੇਜਿਆ ਜਾਣ ਵਾਲਾ ਹਰੇਕ ਵਿਅਕਤੀ ਭਾਵੇਂ ਤੁਹਾਡੀ ਪਾਰਟੀ ਦਾ, ਪੰਜਾਬ ਦਾ ਕੋਈ ਜੁਝਾਰੂ ਅਤੇ ਅਣਥੱਕ ਵਰਕਰ ਹੋਵੇ, ਜਿਸ ਨੇ ਪਿਛਲੇ ਸਾਲਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ। ਉਸ ਪੰਜਾਬੀ ਨੂੰ ਪੰਜਾਬ ਦੀ ਰੂਹ ਨਾਲ ਪਿਆਰ ਜ਼ਰੂਰ ਹੋਵੇ।


ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਰਾਜਾ ਵੜਿੰਗ ਨੇ ਆਪ ਦੇ ਮੰਤਰੀ ਮੰਡਲ ਵਿਚ ਮੰਤਰੀਆਂ ਦੀ ਚੋਣ ਬਾਰੇ ਸਵਾਲ ਚੁੱਕੇ ਸਨ। ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਵਿਚ ਮੰਤਰੀਆਂ ਦੀ ਚੋਣ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ।